ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਪੁਰਬ

ਚੰਡੀਗੜ੍ਹ , ਮੰਗਲਵਾਰ, 3 ਨਵੰਬਰ 2009( 10:15 IST )
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ 'ਚ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਲਾਵਾ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਹੋਰਨਾਂ ਸੂਬਿਆਂ 'ਚ ਪ੍ਰਕਾਸ਼ ਪੁਰਬ ਦੀਆਂ ਖ਼ੂਬ ਰੌਣਕਾਂ ਰਹੀਆਂ।
ਅੰਮ੍ਰਿਤਸਰ, ਤਰਨ ਤਾਰਨ, ਜਲੰਧਰ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਮੋਗਾ, ਲੁਧਿਆਣਾ, ਫ਼ਿਰੋਜ਼ਪੁਰ, ਬਠਿੰਡਾ, ਬਰਨਾਲਾ, ਸੰਗਰੂਰ, ਫ਼ਰੀਦਕੋਟ, ਮਾਨਸਾ, ਮੁਹਾਲੀ, ਰੋਪੜ, ਫਤਹਿਗੜ੍ਹ ਸਾਹਿਬ, ਪਟਿਆਲਾ ਤੇ ਮੁਕਤਸਰ ਜ਼ਿਲ੍ਹਿਆਂ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਗੁਰਦੁਆਰਿਆਂ 'ਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਇਸ਼ਨਾਨ ਕੀਤੇ।
ਇਥੇ ਅਲੌਕਿਕ ਜਲੌਅ ਵੀ ਸਜਾਏ ਗਏ। ਇਤਿਹਾਸਕ ਨਗਰੀ ਤਰਨ ਤਾਰਨ ਤੇ ਗੋਇੰਦਵਾਲ ਸਾਹਿਬ ਦੇ ਵੱਖ-ਵੱਖ ਗੁਰਦੁਆਰਿਆਂ 'ਚ ਖ਼ੂਬ ਰੌਣਕ ਸੀ। ਮੁਕਤਸਰ ਦੇ ਇਤਿਹਾਸਕ ਗੁਰਦੁਆਰੇ 'ਚ ਵੀ ਲੋਕਾਂ ਦੀ ਬੇਅੰਤ ਭੀੜ ਸੀ।
ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰਨਾਂ ਗੁਰਦੁਆਰਿਆਂ 'ਚ ਲੋਕਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਕਈ ਥਾਈਂ ਖੰਡੇ-ਬਾਟੇ ਦਾ ਅੰਮ੍ਰਿਤ ਛਕ ਕੇ ਸੰਗਤਾਂ ਗੁਰੂ ਦੇ ਲੜ ਲੱਗੀਆਂ। ਤਲਵੰਡੀ ਸਾਬੋ ਵਿਖੇ ਵੀ ਲੱਖਾਂ ਸ਼ਰਧਾਲੂ ਨਤਮਸਤਕ ਹੋਏ। ਵੱਖ-ਵੱਖ ਥਾਈਂ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਤੋਂ ਇਲਾਵਾ ਮੁੰਬਈ, ਹੈਦਰਾਬਾਦ, ਅਹਿਮਦਾਬਾਦ, ਪਟਨਾ ਅਤੇ ਨਵੀਂ ਦਿੱਲੀ ਵਿਖੇ ਵੀ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ।