ਮੁੱਖ ਸਕੱਤਰ ਪੰਜਾਬ ਵਜੋਂ ਅਹੁਦਾ ਸੰਭਾਲਣ ਉਪਰੰਤ ਅੱਜ ਸ਼੍ਰੀ ਸੁਬੋਧ ਚੰਦਰ ਅਗਰਵਾਲ ਨੇ ਆਪਣੀ ਧਰਮ ਪਤਨੀ ਦੇ ਨਾਲ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਨੇ ਸ਼੍ਰੀ ਦੁਰਗਿਆਨਾ ਤੀਰਥ ਵਿਖੇ ਵੀ ਅਕੀਦਤ ਦੇ ਫੁੱਲ ਭੇਂਟ ਕੀਤੇ ਅਤੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸਰਧਾਂਜ਼ਲੀ ਭੇਂਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕਾਹਨ ਸਿੰਘ ਪਨੂੰ, ਨਗਰ ਨਿਗਮ ਕਮਿਸ਼ਨਰ ਡੀ.ਪੀ.ਐਸ.ਖਰਬੰਦਾ, ਆਈ.ਜੀ. ਬਾਰਡਰ ਰੇਂਜ ਆਈ.ਐਸ.ਸਹੋਤਾ ਅਤੇ ਐਸਐਸਪੀ ਅੰਮ੍ਰਿਤਸਰ ਸ਼ਹਿਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਉਹਨਾਂ ਦੇ ਨਾਲ ਸਨ।ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਗਰਵਾਲ ਨੇ ਦੱਸਿਆ ਕਿ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ ਨੂੰ ਰਾਜ ਵਿੱਚ ਸਫ਼ਲਤਾਪੂਰਵਕ ਲਾਗੂ ਕਰੇਗੀ। ਉਹਨਾਂ ਨੇ ਦੱਸਿਆ ਕਿ ਇਸ ਸਕੀਮ ਦੇ ਸ਼ੁਰੂਆਤੀ ਦੌਰ ਵਿੱਚ ਇਸਨੂੰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਹਾਂ ਪੱਖੀ ਹੁੰਗਾਰਾ ਨਹੀਂ ਪ੍ਰਾਪਤ ਹੋਇਆ ਸੀ ਪਰੰਤੂ ਜਿਲ੍ਹਾ ਅੰਮ੍ਰਿਤਸਰ ਵਿੱਚ ਇਹ ਸਕੀਮ ਬੇਹੱਦ ਸ਼ਾਨਦਾਰ ਤਰੀਕੇ ਨਾਲ ਲਾਗੂ ਕੀਤੀ ਗਈ, ਜਿਸ ਲਈ ਇਸ ਜ਼ਿਲ੍ਹੇ ਦੀ ਕੌਮੀ ਪੱਧਰ ਤੇ ਸ਼ਲਾਘਾ ਕੀਤੀ ਗਈ।ਇਸ ਲਈ ਉਹਨਾਂ ਨੇ ਅੱਜ ਅੰਮ੍ਰਿਤਸਰ ਵਿੱਚ ਨਾਰੇਗਾ ਸਕੀਮ ਨਾਲ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਹਨਾਂ ਦੀ ਕਾਰਜ ਪ੍ਰਣਾਲੀ ਵਾਚੀ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਚਾਲੂ ਨਾਰੇਗਾ ਸਕੀਮ ਨੂੰ ਮਾਡਲ ਵਜੋਂ ਅਪਣਾਕੇ ਪੰਜਾਬ ਦੇ ਸਾਰੇ ਜਿਲ੍ਹਿਆ ਵਿੱਚ ਉਥੋਂ ਦੀਆਂ ਲੋੜਾਂ ਮੁਤਾਬਿਕ ਲਾਗੂ ਕੀਤਾ ਜਾਵੇਗਾ ਅਤੇ ਇਸ ਮੰਤਵ ਲਈ ਉਹ ਕੱਲ੍ਹ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇਕ ਵਿਸ਼ੇਸ ਮੀਟਿੰਗ ਵੀ ਕਰਨਗੇ। ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਬਾਰੇ ਪੁੱਛੇ ਗਏ ਸੁਆਲ ਦਾ ਜਵਾਬ ਦਿੰਦਿਆਂ ਸ਼੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ਦੇ ਵਿਸਥਾਰ ਲਈ ਲੋੜੀਂਦੀ ਜ਼ਮੀਨ ਨੂੰ ਐਕਵਾਇਰ ਕਰਨ ਲਈ ਫੰਡ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਨਹਿਰੀ ਸਿੰਚਾਈ ਢਾਂਚੇ ਵਿੱਚ ਲੋੜੀਂਦੇ ਸੁਧਾਰਾਂ ਲਈ ਵੀ ਕੇਂਦਰ ਸਰਕਾਰ ਦੇ ਯੋਜਨਾ ਕਮਿਸ਼ਨ ਨੂੰ 3000 ਕਰੋੜ ਰੁਪਏ ਦੀ ਪ੍ਰਪੋਜ਼ਲ ਬਣਾਕੇ ਭੇਜੀ ਗਈ ਹੈ। |